ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਰਾਧਿਕਾ ਨੂੰ ਦਿਵਾਈ ਡਾਟਾ ਐਂਟਰੀ ਓਪਰੇਟਰ ਦੀ ਨੌਕਰੀ
ਬਿਊਰੋ ਦੀ ਬਦੌਲਤ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦੇ ਕਾਬਿਲ ਬਣ ਸਕੀ : ਰਾਧਿਕਾ

ਜਲੰਧਰ(NIN NEWS): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.)ਵੱਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਜਾ ਰਹੀ ਹੈ, ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਬਿਊਰੋ ਵੱਲੋਂ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਨੌਕਰੀਆਂ ਦੇ ਅਵਸਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ‘ਤੇ ਲਿਆਉਣ ਵਿੱਚ ਮਦਦ ਕੀਤੀ ਜਾ ਰਹੀ ਹੈ।
ਇਸ ਸਬੰਧੀ ਨੀਲਾ ਮਹਿਲ ਜਲੰਧਰ ਦੀ ਰਹਿਣ ਵਾਲੀ ਰਾਧਿਕਾ ਪੁੱਤਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਬੀ.ਕਾਮ ਪਾਸ ਹੈ। ਕਰੀਬ 10 ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਸ ਦੀ ਪੜ੍ਹਾਈ ਦਾ ਸਾਰਾ ਖਰਚ ਉਸ ਦੀ ਮਾਤਾ ਜੀ ਵੱਲੋਂ ਕੀਤਾ ਗਿਆ। ਡਿਗਰੀ ਮੁਕੰਮਲ ਕਰਨ ਤੋਂ ਬਾਅਦ ਘਰ ਦੀ ਆਰਥਿਕਤਾ ਨੂੰ ਠੁੰਮਣਾ ਦੇਣ ਲਈ ਉਸ ਨੇ ਕਾਫੀ ਸਮਾਂ ਚੰਗੀ ਨੌਕਰੀ ਦੀ ਤਲਾਸ਼ ਕੀਤੀ ਪਰ ਉਸ ਨੂੰ ਕਿਤੇ ਵੀ ਕੋਈ ਚੰਗੀ ਨੌਕਰੀ ਪ੍ਰਾਪਤ ਨਹੀਂ ਹੋਈ।
ਉਸ ਨੇ ਦੱਸਿਆ ਕਿ ਕਰੀਬ ਡੇਢ ਸਾਲ ਨੌਕਰੀ ਦੀ ਭਾਲ ਕਰਨ ਤੋਂ ਬਾਅਦ ਜਦੋਂ ਉਸ ਨੇ ਡਿਪਟੀ ਕਮਿਸ਼ਰਨ ਦਫ਼ਤਰ ਵਿਖੇ ਪਹੁੰਚ ਕੀਤੀ ਤਾਂ ਉਸ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਜ਼ਿਟ ਕਰਨ ਲਈ ਕਿਹਾ ਗਿਆ, ਜਿਥੇ ਪੁੱਜਣ ‘ਤੇ ਉਸ ਦੀ ਆਨਲਾਈਨ ਅਤੇ ਮੈਨੂਅਲ ਰਜਿਸਟਰੇਸ਼ਨ ਕੀਤੀ ਗਈ ਅਤੇ ਕੋਵਿਡ-19 ਦੇ ਚੱਲਦਿਆਂ ਬਿਊਰੋ ਦੇ ਦਫ਼ਤਰ ਵਿਖੇ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨੌਕਰੀ ਦਿਵਾਉਣ ਦਾ ਭਰੋਸਾ ਦਿਵਾਇਆ ਗਿਆ।
ਰਾਧਿਕਾ ਨੇ ਦੱਸਿਆ ਕਿ ਪਲੇਸਮੈਂਟ ਅਫ਼ਸਰ ਨੇ ਉਸ ਨੂੰ ਇਕ ਕੰਪਨੀ ਵਿੱਚ ਡਾਟਾ ਐਂਟਰੀ ਓਪਰੇਟਰ ਦੀ ਨੌਕਰੀ ਬਾਰੇ ਜਾਣਕਾਰੀ ਦਿੱਤੀ, ਜਿਥੇ ਉਸ ਦਾ ਰਿਜ਼ਿਊਮ ਭੇਜਿਆ ਗਿਆ ਅਤੇ ਉਸ ਦੀ ਇੰਟਰਵਿਊ ਕਰਵਾਈ ਗਈ। ਇੰਟਰਵਿਊ ਤੋਂ ਬਾਅਦ ਕੰਪਨੀ ਨੇ ਉਸ ਦੀ ਨੌਕਰੀ ਲਈ ਚੋਣ ਕਰ ਲਈ।
ਉਸ ਨੇ ਕਿਹਾ ਕਿ, ”ਮੈਂ ਬਹੁਤ ਖੁਸ਼ ਹਾਂ ਕਿਉਂਕਿ ਮੈਂ ਜਿਸ ਤਰ੍ਹਾਂ ਦੀ ਨੌਕਰੀ ਕਰਨਾ ਚਾਹੁੰਦੀ ਸੀ, ਉਸ ਤਰ੍ਹਾਂ ਦੀ ਨੌਕਰੀ ਕਰਨ ਦਾ ਮੌਕਾ ਮੈਨੂੰ ਮਿਲ ਗਿਆ ਹੈ। ”
ਰਾਧਿਕਾ ਨੇ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ, ”ਮੈਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਮੈਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦੇ ਸਮਰੱਥ ਬਣਾਇਆ ਹੈ ਅਤੇ ਕੋਵਿਡ-19 ਸੰਕਟ ਦੇ ਦੌਰ ਵਿੱਚ ਨੌਕਰੀ ਹਾਸਲ ਕਰਨ ਵਿੱਚ ਮੇਰੀ ਮਦਦ ਕੀਤੀ ।”
ਉਸ ਨੇ ਸਮੂਹ ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਬਿਊਰੋ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਿਥੇ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ ਉਥੇ ਨੌਜਵਾਨ ਲੜਕੇ-ਲੜਕੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।