ਪ੍ਰਸ਼ਾਸਨ ਵੱਲੋਂ 25 ਅਗਸਤ ਤੱਕ ਸਮੁੱਚੇ ਸਕੂਲ ਅਧਿਆਪਕਾਂ ਨੂੰ ਕਵਰ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਕਿਹਾ, ਟੀਕਾਕਰਨ ਤੋਂ ਬਿਨਾਂ ਕਿਸੇ ਨੂੰ ਸਕੂਲ ਵਿੱਚ ਡਿਊਟੀ ‘ਤੇ ਹਾਜ਼ਰ ਹੋਣ ਦੀ ਇਜਾਜ਼ਤ ਨਹੀਂ
ਅਧਿਕਾਰੀਆਂ ਨੂੰ ਸਕੂਲਾਂ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਅਤੇ ਆਰ.ਟੀ.-ਪੀ.ਸੀ.ਆਰ. ਸੈਂਪਲਿੰਗ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ
ਜਲੰਧਰ(NIN NEWS): ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 25 ਅਗਸਤ ਤੱਕ ਸਮੁੱਚੇ ਸਕੂਲ ਅਧਿਆਪਕਾਂ ਨੂੰ ਕਵਰ ਕਰਨ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੋਵਿਡ-19 ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਥੋੜੇ ਸਮੇਂ ਵਿੱਚ ਸਮੁੱਚੇ ਸਕੂਲ ਅਧਿਆਪਕਾਂ ਨੂੰ ਕਵਰ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ 22 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਕੈਂਪ ਸੀ.ਐਚ.ਸੀ. ਕਾਲਾ ਬੱਕਰਾ, ਆਦਮਪੁਰ, ਫਿਲੌਰ, ਪੀ.ਐਚ.ਸੀ. ਬਿਲਗਾ, ਨੂਰਮਹਿਲ, ਜੰਡਿਆਲਾ, ਬੜਾ ਪਿੰਡ, ਜਮਸ਼ੇਰ ਖਾਸ, ਸੀ.ਐਚ.ਸੀ. ਕਰਤਾਰਪੁਰ, ਨਕੋਦਰ, ਸੀ.ਐਚ.ਸੀ. ਲੋਹੀਆਂ ਖਾਸ, ਸ਼ਾਹਕੋਟ, ਮਹਿਤਪੁਰ ਅਤੇ ਸ਼ਹਿਰੀ ਜਲੰਧਰ ਵਿਖੇ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਟੀਕਾਕਰਨ ਪੂਰਾ ਕੀਤੇ ਬਿਨਾਂ ਕਿਸੇ ਨੂੰ ਵੀ ਸਕੂਲ ਦੀਆਂ ਕਲਾਸਾਂ ਵਿੱਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੇ ਸਕੂਲ ਅਧਿਆਪਕਾਂ ਨੂੰ ਦਿੱਤੀ ਗਈ ਸਮਾਂ ਸੀਮਾ ਤੱਕ ਵਿਸ਼ਾਲ ਟੀਕਾਕਰਨ ਅਭਿਆਨਾਂ ਰਾਹੀਂ ਕਵਰ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਜੋ ਬੱਚਿਆਂ ਦੀ ਸੁਰੱਖਿਆ ਚਿੰਤਾ ਦਾ ਮੁੱਖ ਵਿਸ਼ਾ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਟੀਕਾਕਰਨ ਅਭਿਆਨ ਨੂੰ ਹੋਰ ਤੇਜ਼ ਕਰਨ ਲਈ ਕਿਹਾ ਤਾਂ ਜੋ ਨਿਰਧਾਰਤ ਸਮੇਂ ਦੇ ਅੰਦਰ ਇਸ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਸਿੱਖਿਆ ਅਤੇ ਸਿਹਤ ਵਿਭਾਗ ਨੂੰ ਸਕੂਲਾਂ ਵਿੱਚ ਸਮਾਜਿਕ ਦੂਰੀ, ਮਾਸਕ ਪਹਿਨਣਾ ਆਦਿ ਸਮੇਤ ਕੋਵਿਡ-19 ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਰੈਂਡਮ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ 25 ਅਗਸਤ ਤੱਕ ਸਕੂਲ ਸਟਾਫ਼ ਦਾ ਟੀਕਾਕਰਨ ਮਿਸ਼ਨ ਮੋਡ ਵਿੱਚ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਉਨ੍ਹਾਂ ਸਾਰੇ ਅਧਿਆਪਕਾਂ, ਜਿਨ੍ਹਾਂ ਅਜੇ ਤੱਕ ਆਪਣਾ ਟੀਕਾਕਰਨ ਪੂਰਾ ਨਹੀਂ ਕੀਤਾ, ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਟੀਕਾਕਰਨ ਕਰਵਾਉਣ ਤਾਂ ਜੋ ਸਰਕਾਰੀ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।