
29 ਅਗਸਤ ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ ਕੀਤੀ ਜਾਵੇਗੀ – ਕੁਲਦੀਪ ਸਿੰਘ ਬੁੱਢੇਵਾਲ
ਜਲਾਲਾਬਾਦ(NIN NEWS): ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ (ਐਚ.ਓ.ਡੀ.) ਮੁਹਾਲੀ ਦੇ ਨਾਲ 25 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਪਿਛਲੇ 13 -14 ਸਾਲਾਂ ਦੇ ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ ਠੇਕਾ ਕਾਮਿਆਂ ਨੂੰ ਸਬੰਧਤ ਵਿਭਾਗ ਵਿਚ ਸਿੱਧੇ ਤੌਰ ’ਤੇ ਮਰਜ ਕਰਕੇ ਰੈਗੂਲਰ ਕਰਨ ਦੀ ਪ੍ਰਮੁੱਖ ਮੰਗ ਸਮੇਤ ਹੋਰਨਾਂ ਜਾਇਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਮਜਬੂਰਨ ਆਰ ਪਾਰ ਦਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਇਥੇ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਅੱਗੇ ਕਿਹਾ ਕਿ ਜਥੇਬੰਦੀ ਵਲੋਂ 3-4 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦੇ ਬਾਈਕਾਟ ਦੌਰਾਨ ਤਹਿਸੀਲ ਪੱਧਰੀ ਲਗਾਤਾਰ ਦੋ ਦਿਨ ਦੇ ਰੋਸ਼ ਪ੍ਰਦਰਸ਼ਨ ਕੀਤੇ ਗਏ ਅਤੇ ਇਸਦੇ ਬਾਅਦ 9 ਅਗਸਤ ਨੂੰ ਵਿਭਾਗੀ ਮੁੱਖੀ (ਐਚ.ਓ.ਡੀ.) ਮੁਹਾਲੀ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ, ਇਸ ਸੰਘਰਸ਼ ਦੇ ਦੌਰਾਨ ਐਚ.ਓ.ਡੀ.ਨਾਲ ਪਹਿਲਾਂ ਮੀਟਿੰਗ ਕਰਨ ਦਾ ਸਮੇਂ 13 ਅਗਸਤ ਮਿਲਿਆ ਸੀ ਪਰ ਇਹ ਮੀਟਿੰਗ ਨਹੀਂ ਹੋਈ ਅਤੇ ਬਦਲ ਕੇ 20 ਅਗਸਤ ਕਰ ਦਿੱਤੀ, ਇਸਦੇ ਬਾਅਦ ਹੁਣ 25 ਅਗਸਤ ਨੂੰ ਫਿਰ ਐਚ.ਓ.ਡੀ. ਨਾਲ ਮੀਟਿੰਗ ਕਰਨ ਦਾ ਸਮਾਂ ਮਿਲਿਆ ਹੈ। ਮੀਟਿੰਗਾਂ ਦਾ ਸਮਾਂ ਜਥੇਬੰਦੀ ਨੂੰ ਵਾਰ ਵਾਰ ਦੇਣ ਦੇ ਬਾਵਜੂਦ ਵੀ ਜਲ ਸਪਲਾਈ ਵਿਭਾਗ ਦੇ ਆਲਾ ਅਧਿਕਾਰੀ ਮੀਟਿੰਗ ਕਰਨ ਤੋਂ ਭਗੌੜੇ ਹੋ ਚੁੱਕੇ ਹਨ, ਜਿਸਦੇ ਕਾਰਨ ਜਥੇਬੰਦੀ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਉਕਤ ਜਥੇਬੰਦੀ ਦੀ ਐਚ.ਓ.ਡੀ. ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸਦੇ ਬਾਅਦ ਮਿਤੀ 29 ਅਗਸਤ ਨੂੰ ਲੁਧਿਆਣਾ ਵਿਖੇ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਭਵਿੱਖ ਵਿਚ ਆਰ-ਪਾਰ ਦੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਜਦਕਿ ਇਸਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਾਲੀ ਸਰਕਾਰ ਦੀ ਸਬ ਕਮੇਟੀ ਮੈਂਬਰ -ਕਮ ਕੈਬਨਿਟ ਮੰਤਰੀ ਅਤੇ ਸਾਰੇ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਪਹਿਲਾਂ ਨਾਲੋਂ ਤੇਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵਿਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ,ਵੱਖ ਵੱਖ ਠੇਕੇਦਾਰਾਂ,ਆਉਟਸੋਰਸਿੰਗ, ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ, ਜਲ ਸਪਲਾਈ ਵਿਭਾਗ ਦਾ ਪੰਚਾਇਤੀਕਰਣ/ਨਿੱਜੀਕਰਣ ਬੰਦ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ, 3-4 ਅਗਸਤ 2021 ਦੇ ਸੰਘਰਸ਼ ਦੌਰਾਨ ਕੱਢੇ ਗਏ ਕਾਮਿਆਂ ਨੂੰ ਬਹਾਲ ਕਰਨ ਸਮੇਤ ਜਥੇਬੰਦੀ ਮੰਗਾਂ ਦਾ ਹੱਲ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।