ਕੋਵਿਡ ਪ੍ਰੋਟੋਕਾਲ ਅਨੁਸਾਰ ਮਨਾਇਆ ਜਾਵੇਗਾ ਸ੍ਰੀ ਸਿੱਧ ਬਾਬਾ ਸੋਢਲ ਮੇਲਾ।
ਡੀ.ਸੀ., ਸੀ.ਪੀ. ਅਤੇ ਐਸ.ਐਸ.ਪੀ. ਨੇ ਸ਼ਰਧਾਲੂਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ
ਜਲੰਧਰ(NIN NEWS): ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਅਤੇ ਐਸ.ਐਸ.ਪੀ.ਸ੍ਰੀ ਨਵੀਨ ਸਿੰਗਲਾ ਨੇ ਕਿਹਾ ਕਿ ਇਸ ਸਾਲ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਕੋਵਿਡ-19 ਪ੍ਰੋਟੋਕਾਲ ਅਨੁਸਾਰ ਹੀ ਮਨਾਇਆ ਜਾਵੇਗਾ। ਉਨ੍ਹਾਂ ਸਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਇਸ ਮਹਾਂਮਾਰੀ ਤੋਂ ਖੁਦ ਅਤੇ ਦੂਜਿਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਜਲੰਧਰ ਵਿਖੇ 18,19 ਅਤੇ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ ਅਤੇ ਇਸ ਮੇਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰੇਕ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।
ਉਧਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡੀ.ਸੀ.ਪੀ. ਸ੍ਰੀ ਨਰੇਸ਼ ਡੋਗਰਾ , ਐਸ.ਡੀ.ਐਮ. ਸ੍ਰੀ ਹਰਪ੍ਰੀਤ ਸਿੰਘ ਅਟਵਾਲ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਹਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਬੈਂਸ ਨੇ ਕਿਹਾ ਕਿ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਸੁਰੱਖਿਆ ਪ੍ਰਬੰਧਾਂ, ਪਾਰਕਿੰਗ, ਸਾਫ਼ ਸਫ਼ਾਈ ਆਦਿ ਯਕੀਨੀ ਬਣਾਉਣ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਸਿਹਤ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਰਜ਼ੀ ਟਾਇਲਟਸ ਤੋਂ ਇਲਾਵਾ ਵਾਟਰ ਸਪਲਾਈ ਨਿਰਵਿਘਨ ਚਲਾਈ ਜਾਵੇ। ਉਨ੍ਹਾਂ ਕਮੇਟੀ ਨੂੰ ਭਰੋਸਾ ਦੁਆਉਂਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਪ੍ਰਬੰਧਾਂ ਪਖੋਂ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਟਰੈਫਿਕ ਮੇਨੈਜਮੈਂਟ ਵੀ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇਗੀ।
ਇਸ ਮੌਕੇ ਅਹੁਦੇਦਾਰਾਂ ਨੇ ਭਰੋਸਾ ਦੁਆਇਆ ਕਿ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਅਹੁਦੇਦਾਰਾਂ ਨੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਸਰਕਾਰ ਵਲੋਂ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਇਨ੍ਹ-ਬਿਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।