ਡਿਪਟੀ ਕਮਿਸ਼ਨਰ ਨੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਵੱਖ-ਵੱਖ ਵਿਭਾਗਾਂ ਵੱਲੋਂ ਨੌਜਵਾਨਾਂ ਨੂੰ ਪ੍ਰਦਾਨ ਕਰਨ ਲਈ ਇਕੱਤਰ ਕੀਤੇ ਰੋਜ਼ਗਾਰ ਦੇ ਮੌਕਿਆਂ ਦੀ ਕੀਤੀ ਸਮੀਖਿਆ
ਵਿਭਾਗਾਂ ਵੱਲੋਂ ਟੀਚੇ ਤੋਂ ਵੱਧ ਨੌਕਰੀਆਂ ਇਕੱਤਰ ਕਰਨ ‘ਤੇ ਕੀਤੀ ਸ਼ਲਾਘਾ
ਜਲੰਧਰ(NIN NEWS):ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ 2021 ਤੱਕ ਲਗਾਏ ਜਾਣ ਵਾਲੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੁਆਰਾ ਨੌਜਵਾਨਾਂ ਨੂੰ ਪ੍ਰਦਾਨ ਕਰਨ ਲਈ ਇਕੱਤਰ ਕੀਤੇ ਗਏ ਰੋਜ਼ਗਾਰ ਦੇ ਮੌਕਿਆਂ ਦੀ ਸਮੀਖਿਆ ਕੀਤੀ ਗਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ ਵੀ ਮੌਜੂਦ, ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵੱਲੋਂ ਰੋਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਆਫ਼ਰ ਕੀਤੇ ਜਾਣ ਲਈ ਇਕੱਤਰ ਕੀਤੀਆਂ ਗਈਆਂ ਨੌਕਰੀਆਂ ਦੀ ਸਮੀਖਿਆ ਕੀਤੀ ਅਤੇ ਕਈ ਵਿਭਾਗਾਂ ਵੱਲੋਂ ਸੌਂਪੇ ਗਏ ਟੀਚੇ ਤੋਂ ਵੱਧ ਨੌਕਰੀਆਂ ਇਕੱਤਰ ਕਰਨ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੈਗਾ ਰੋਜ਼ਗਾਰ ਮੇਲੇ ਸਬੰਧੀ ਸ਼ਹਿਰ ਸਮੇਤ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈ ਕੇ ਆਤਮ ਨਿਰਭਰ ਬਣ ਸਕਣ।
ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ 15 ਹਜ਼ਾਰ ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਉਮੀਦ ਪ੍ਰਗਟ ਕੀਤੀ ਕਿ ਰਾਜ ਸਰਕਾਰ ਵੱਲੋਂ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਜੇ.ਡੀ.ਏ. ਪੁੱਡਾ ਅਨੁਪਮ ਕਲੇਰ, ਡੀ.ਡੀ.ਪੀ.ਓ. ਇਕਬਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।